*ਕਿਹਾ-ਮੀਡੀਆ ‘ਚ ਚੱਲ ਰਹੀ ਖ਼ਬਰ ਵਿੱਚ ਕੋਈ ਸੱਚਾਈ ਨਹੀਂ
ਫਗਵਾੜਾ ( ਪ੍ਰੀਤੀ ਜੱਗੀ) ਐਸੋਸੀਏਸ਼ਨ ਆਫ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਦੇ ਪ੍ਰਧਾਨ ਅਸ਼ੋਕ ਭਾਟੀਆ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਸਟ੍ਰੇਲੀਆ ਵੱਲੋਂ ਪੰਜਾਬ ਸਮੇਤ 6 ਰਾਜਾਂ ਨਾਲ ਸਬੰਧਤ ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ’ਤੇ ਪਾਬੰਦੀ ਲਗਾਉਣ ਸੰਬੰਧੀ ਮੀਡੀਆ ਵਿੱਚ ਚੱਲ ਰਹੀ ਖ਼ਬਰ ਬੇਬੁਨਿਆਦ ਅਤੇ ਸੱਚਾਈ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆਈ ਦੂਤਾਵਾਸ ਵਲੋਂ ਅਜਿਹੀ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਇਹ ਵੱਖਰੀ ਗੱਲ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਲਈ ਰਾਖਵਾਂ ਕੋਟਾ ਪੂਰਾ ਹੋਣ ਜਾਂ ਦਸਤਾਵੇਜ਼ਾਂ ਵਿੱਚ ਖਾਮੀਆਂ ਕਾਰਨ ਉੱਥੋਂ ਦੀਆਂ ਕੁਝ ਯੂਨੀਵਰਸਿਟੀਆਂ ਵਲੋਂ ਵੀਜ਼ੇ ‘ਤੇ ਅਸਥਾਈ ਰੋਕ ਲਗਾਈ ਗਈ ਹੋਵੇ। ਭਾਰਤ ਦੇ ਕਿਸੇ ਵੀ ਰਾਜ ਦੇ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਕੜਿਆਂ ਦੀ ਜਾਂਚ ਕੀਤੀ ਜਾਵੇ ਤਾਂ ਇਸ ਸਾਲ ਆਸਟ੍ਰੇਲੀਆ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਇੱਕ ਅੰਗਰੇਜ਼ੀ ਅਖਬਾਰ ਵਿੱਚ ਪ੍ਰਕਾਸ਼ਿਤ ਖ਼ਬਰ ਦਾ ਹਵਾਲਾ ਵੀ ਦਿੱਤਾ ਅਤੇ ਕਿਹਾ ਕਿ ਉਸ ਮੀਡੀਆ ਸਮੂਹ ਨੇ ਖ਼ਬਰ ਦਾ ਸਪੱਸ਼ਟੀਕਰਨ ਵੀ ਪ੍ਰਕਾਸ਼ਿਤ ਕੀਤਾ ਹੈ। ਇਸ ਲਈ ਵਿਦਿਆਰਥੀਆਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਜੇਕਰ ਉਹ ਆਸਟ੍ਰੇਲੀਆਈ ਯੂਨੀਵਰਸਿਟੀਆਂ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਨੂੰ ਵੀਜ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।