ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਫਿਲਮ ਫੈਸਟੀਵਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 15 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਸਥਾਨਕ ਐਮ.ਬੀ.ਡੀ. ਮਾਲ ਵਿਖੇ ਜਾਗਰਣ ਫਿਲਮ ਫੈਸਟੀਵਲ ਦੇ ਆਯੋਜਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੌਂ ਇਲਾਵਾ ਪ੍ਰਿੰਟ ਮੀਡੀਆ ਤੋਂ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਜਾਗਰਣ ਪਰਿਵਾਰ ਵਲੋਂ 15 ਤੋਂ 17 ਸਤੰਬਰ ਤੱਕ ਤਿੰਨ ਦਿਨਾ ਫਿਲਮ ਫੈਸਟੀਵਲ ਮਨਾਇਆ ਜਾ ਰਿਹਾ ਜਿਸ ਵਿੱਚ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ, ਲੋਕਾਂ ਵਿੱਚ ਜਾਗਰੂਕਤਾ ਲਿਆਉਣ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਲੀਆਂ ਫਿਲਮਾਂ ਵਿਖਾਈਆਂ ਜਾਣਗੀਆਂ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜਾਗਰਣ ਪਰਿਵਾਰ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੀਡੀਆ ਵਲੋਂ ਜਿੱਥੇ ਸਾਡੇ ਸਮਾਜ ਦੀਆਂ ਬੁਰਾਈਆਂ ਨੂੰ ਉਜਾਗਰ ਕੀਤਾ ਜਾਂਦਾ ਹੈ ਜਿਨ੍ਹਾਂ ਵਿੱਚ ਪਰਾਲੀ ਸਾੜ੍ਹਨ ਦੀਆਂ ਮੰਦਭਾਗੀਆਂ ਘਟਨਾਵਾਂ, ਚਾਇਨਾ ਡੋਰ ਦਾ ਕਹਿਰ, ਲੁੱਟ-ਖੋਹ ਦੀਆਂ ਵਾਰਦਾਤਾਂ ਆਦਿ ਸ਼ਾਮਲ ਹਨ, ਉੱਥੇ ਇਨ੍ਹਾਂ ਮਾੜੇ ਕੰਮਾਂ ‘ਤੇ ਨਕੇਲ ਪਾਉਣ ਲਈ ਵੀ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਨੇਕ ਕਾਰਜ਼ਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਨ।