ਲੁਧਿਆਣਾ, 13 ਅਪਰੈਲ
ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਧਾਰਮਿਕ ਸਮਾਗਮ ਕਰਵਾ ਕੇ ਹਲਕਾ ਵਾਸੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਖ਼ਾਲਸਾ ਗੁਰਦੁਆਰਾ ਸਾਹਿਬ, ਮੁੰਡੀਆਂ ਕਲਾਂ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਉਪਰੰਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਪਿਆਰਾ ਸਿੰਘ ਸਿਰਥਲਾ ਨੇ ਦੀਵਾਨ ਸਜਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਸੂਬਾ ਵਾਸੀਆਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਧਾਰਮਿਕ, ਇਤਿਹਾਸਕ ਤੇ ਸਮਾਜਿਕ ਤੌਰ ਉੱਤੇ ਬਹੁਤ ਮਹੱਤਤਾ ਰੱਖਦਾ ਹੈ। ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ। ਵਿਸਾਖੀ ਦਾ ਤਿਉਹਾਰ ਫਸਲਾਂ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ ਜਿਸ ਨਾਲ ਸਾਡੇ ਕਿਰਤੀ, ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਮੂਹ ਆਗੂਆਂ, ਲੀਡਰਸ਼ਿਪ ਦਾ ਸਨਮਾਨ ਕੀਤਾ। ਉਨ੍ਹਾਂ ਵਰਕਰਾਂ ਤੇ ਹਲਕਾ ਸਾਹਨੇਵਾਲ ਦੀ ਸੰਗਤ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ, ਨਗਰ ਨਿਗਮ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਮਨਵਿੰਦਰ ਸਿੰਘ ਗਿਆਸਪੁਰਾ, ਦਵਿੰਦਰਜੀਤ ਸਿੰਘ ਲਾਡੀ ਢੌਂਸ, ਨਰੇਸ਼ ਕਟਾਰੀਆ, ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ, ਚੇਅਰਮੈਨ ਨਵਜੋਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਵਿਜੇ ਦਾਨਵ, ਚੇਅਰਮੈਨ ਤਰਸੇਮ ਸਿੰਘ ਭਿੰਡਰ, ਚੇਅਰਮੈਨ ਹੇਮ ਰਾਜ ਰਾਜੀ ਹਾਜ਼ਰ ਹੋਏ।