ਫਗਵਾੜਾ ( ਪ੍ਰੀਤੀ ਜੱਗੀ ) ਫਗਵਾੜਾ ਕਾਂਗਰਸ ਨੇ ਬੀਤੀ ਸ਼ਾਮ ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਦੇ ਸਾਹਮਣੇ ਮੋਮਬੱਤੀਆਂ ਜਗਾ ਕੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਘਟਨਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਹੈ। ਜਿਸਨੂੰ ਬਿਲਕੁਲ ਵੀ ਮੁਆਫ਼ ਕਰਨ ਯੋਗ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ, ਕਾਂਗਰਸ ਪਾਰਟੀ ਅਤੇ ਪੂਰਾ ਦੇਸ਼ ਪ੍ਰਭਾਵਿਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੇ ਖੁਫੀਆ ਸਿਸਟਮ ’ਤੇ ਵੀ ਸਵਾਲ ਖੜ੍ਹੇ ਕੀਤੇ। ਧਾਲੀਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਇੱਕ ਬਹੁਤ ਹੀ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ। ਜਿੱਥੇ ਹਰ ਚੱਪੇ-ਚੱਪੇ ’ਤੇ ਸੁਰੱਖਿਆ ਕਰਮਚਾਰੀ ਤਾਇਨਾਤ ਰਹਿੰਦੇ ਹਨ। ਹੈਰਾਨੀ ਦੀ ਗੱਲ ਹੈ ਕਿ ਪਹਿਲਗਾਮ ਦੇ ਉਸ ਸੈਲਾਨੀ ਸਥਾਨ ’ਤੇ ਸੁਰੱਖਿਆ ਦਾ ਕੋਈ ਪ੍ਰਬੰਧ ਕਿਉਂ ਨਹੀਂ ਸੀ? ਉਨ੍ਹਾਂ ਇਸ ਘਟਨਾ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਗੰਭੀਰ ਕੁਤਾਹੀ ਦੱਸਿਆ ਅਤੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕੁਤਾਹੀ ਕਿਵੇਂ ਹੋਈ। ਜਦਕਿ ਮੋਦੀ ਸਰਕਾਰ ਇਹ ਦਾਅਵਾ ਕਰਦੇ ਕਦੇ ਨਹੀਂ ਥੱਕਦੀ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਪੀ.ਓ.ਕੇ. ਪਾਕਿਸਤਾਨ ਦੀ ਧਰਤੀ ਤੋਂ ਭਾਰਤ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਪਾਕਿਸਤਾਨ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ, ਦਿਹਾਤੀ, ਮਹਿਲਾ ਕਾਂਗਰਸ, ਇੰਟਕ ਯੂਨੀਅਨ, ਐਸ.ਸੀ. ਸੈੱਲ, ਬੀ.ਸੀ. ਸੈੱਲ, ਕਾਂਗਰਸ ਸੇਵਾ ਦਲ, ਐਨ.ਐਸ.ਯੂ.ਆਈ. ਦੇ ਵਰਕਰਾਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਮ੍ਰਿਤਕ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ।