ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ ,ਕਿਸਾਨਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਵੀ ਕੀਤੀ ਅਪੀਲ , ਸਿਰਫ ਸਮੂਹਿਕ ਯਤਨਾਂ ਸਦਕਾ ਹੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ !
ਲੁਧਿਆਣਾ, 17 ਨਵੰਬਰ (ਮਨਪ੍ਰੀਤ ਸਿੰਘ ਅਰੋੜਾ ) – ਪਰਾਲੀ ਸਾੜਨ ਦੀਆਂ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਪਰਾਲੀ ਸਾੜਨ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਸਾਡੇ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।
ਡਿਪਟੀ ਕਮਿਸ਼ਨਰ ਵਲੋਂ ਰਾਏਕੋਟ ਨੇੜਲੇ ਪਿੰਡ ਬੱਸੀਆਂ ਦਾ ਦੌਰਾ ਕੀਤਾ ਜੋ ਕਿ ਪਰਾਲੀ ਸਾੜਨ ਦੇ ਸੰਭਾਵੀ ਪਿੰਡਾਂ ਵਿੱਚੋਂ ਇੱਕ ਹੈ ਅਤੇ ਪਿੰਡ ਵਿੱਚ ਪਰਾਲੀ ਸਾੜਨ ਪਿਰਤ ਨੂੰ ਰੋਕਣ ਲਈ ਸਾਰੇ ਭਾਗੀਦਾਰਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵਾਤਾਵਰਨ ਨੂੰ ਹੋਰ ਪਲੀਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਣ ਨੂੰ ਖ਼ਤਰਾ ਹੁੰਦਾ ਹੈ ਬਲਕਿ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤਾਂ ਨੂੰ ਨਸ਼ਟ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਅਜਿਹੇ ਅਮਲਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਰਾਹੀਂ ਹੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕਿਸਾਨ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਅਪਣਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵਾਤਾਵਰਨ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੱਸਿਆ ਵਿਰੁੱਧ ਪਹਿਲਾਂ ਹੀ ਮੁਹਿੰਮ ਵਿੱਢੀ ਹੋਈ ਹੈ; ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਵਾਪਰਨ ‘ਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਲਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਬੇਲਰ, ਸਰਫੇਸ ਸੀਡਰ ਆਦਿ ਸਮੇਤ 800 ਤੋਂ ਵੱਧ ਮਸ਼ੀਨਰੀ ਪਹਿਲਾਂ ਹੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਇਸ ਸਮੱਸਿਆ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਸੰਭਾਵੀ ਪਿੰਡਾਂ ਦਾ ਦੌਰਾ ਵੀ ਕਰਨਗੇ।
ਇਸ ਦੌਰਾਨ, ਹੋਰ ਸਾਰੇ ਸੀਨੀਅਰ ਵਲੋਂ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪਰਾਲੀ ਸਾੜਨ ਵਾਲੇ ਸੰਭਾਵੀ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਿਨ੍ਹਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਤੇ ਉਪ ਮੰਡਲ ਮੈਜਿਸਟਰੇਟ ਸ਼ਾਮਲ ਸਨ।