ਲੁਧਿਆਣਾ, 30 ਜੂਨ (jasbir singh) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਾਰਜਾਂ ਤੋਂ ਇਲਾਵਾ ਸੰਭਾਵੀ ਖ਼ਤਰਨਾਕ ਹੜ੍ਹ ਪ੍ਰਭਾਵ ਪੁਆਇੰਟਾਂ ਦਾ ਜਾਇਜ਼ਾ ਵੀ ਲਿਆ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀ ਆਰ ਓ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ ਰਜਤ ਗਰੋਵਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਸਾਹਨੀ ਨੇ ਧੂਲੇਵਾਲ ਕੰਪਲੈਕਸ (ਮਾਛੀਵਾੜਾ), ਮੈਨੀ-ਚਮਕੌਰ ਸਾਹਿਬ-ਮਾਛੀਵਾੜਾ ਅਤੇ ਬੁੱਢਾ ਦਰਿਆ-ਕੂਮ ਲਿੰਕ ਡਰੇਨਾਂ ਦਾ ਦੌਰਾ ਕੀਤਾ।
ਉਨ੍ਹਾਂ ਡਰੇਨਾਂ ਵਿਖੇ ਦੋ ਪੋਕਲੇਨ ਮਸ਼ੀਨਾਂ ਰਾਹੀਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਗਲੇ ਦੋ ਦਿਨਾਂ ਵਿੱਚ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਐਮਰਜੈਂਸੀ ਵਰਤੋਂ ਲਈ ਧੂਲੇਵਾਲ ਕੰਪਲੈਕਸ ਨੇੜੇ ਰੇਤ ਦੇ ਭਰੇ ਹੋਏ ਥੈਲਿਆਂ ਦਾ ਵੱਡੀ ਮਾਤਰਾ ਵਿੱਚ ਸਟਾਕ ਕਰਨ ਲਈ ਵੀ ਕਿਹਾ।
ਸਾਹਨੀ ਨੇ ਕਿਹਾ ਕਿ ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ‘ਤੇ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਰੋਜ਼ਾਨਾ ਕੰਮਾਂ ਦੀ ਪ੍ਰਗਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਦਰਿਆ ਦੇ ਨਾਲ-ਨਾਲ ਸਮੁੱਚੇ ਖੇਤਰ ‘ਤੇ ਸਾਰੇ ਕਮਜ਼ੋਰ ਬਨ੍ਹਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਸਥਿਤੀ ‘ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦਰਿਆ ਦੇ ਨਾਲ-ਨਾਲ ਕਮਜ਼ੋਰ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਅਗਾਮੀ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਔਕੜ ਦਾ ਸਾਹਮਣਾ ਨਾ ਕਰਨਾ ਪਵੇ।