ਲੁਧਿਆਣਾ, 28 ਨਵੰਬਰ (jasbir) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਨਗਰ ਨਿਗਮ ਲੁਧਿਆਣਾ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੀ.ਐਸ.ਪੀ.ਸੀ.ਐਲ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਕੀਮਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਜਾਇਜ਼ਾ ਲਿਆ।
ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਬਿਹਤਰ ਸਹੂਲਤ ਲਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਜ਼ਿਲ੍ਹਾ ਮੁਖੀਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗ ਫੰਡਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇ ਨਾਲ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣ।
ਸ੍ਰੀ ਜਤਿੰਦਰ ਜੋਰਵਾਲ ਨੇ ਕਿਸੇ ਵੀ ਅੜਚਨ ਨੂੰ ਹੱਲ ਕਰਨ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਟੇਕ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਫ਼ਤਰ ਵਿੱਚ ਉਨ੍ਹਾਂ ਦੀ ਸਥਿਤੀ ਬਾਰੇ ਰਿਪੋਰਟ ਕਰਨ ਤੋਂ ਪਹਿਲਾਂ ਪ੍ਰੋਜੈਕਟਾਂ ਦਾ ਭੌਤਿਕ ਨਿਰੀਖਣ ਕਰਨ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਸਮੇਂ ਸਿਰ ਵਿਕਾਸ ਕਾਰਜ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਕੰਮਾਂ ਦੀ ਰਫ਼ਤਾਰ ਤੇਜ਼ ਕਰਨ ਅਤੇ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਤੋਂ ਨੇਪਰੇ ਚਾੜ੍ਹਨ ਲਈ ਸਾਰੇ ਉਪਲਬਧ ਸਾਧਨ ਜੁਟਾਉਣ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।