ਲੁਧਿਆਣਾ, 3 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ ‘ਤੇ ਹੈ।
ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ ਮਾਫੀਆ ਅਤੇ ਗੈਂਗਸਟਰ ਪਹਿਲਾਂ ਦੇ ਸ਼ਾਸਕਾਂ ਦੀ ਖੁੱਲ੍ਹੀ ਸਰਪ੍ਰਸਤੀ ਹੇਠ ਵੱਧ-ਫੁੱਲ ਰਹੇ ਸਨ ਅਤੇ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਚੁੱਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਲਗਭਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਜੋ ਗਰੰਟੀਆਂ ਨਹੀਂ ਦਿੱਤੀਆਂ ਗਈਆਂ ਸਨ, ਉਹ ਵੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਰੋਜ਼ਾਨਾ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ 17 ਟੌਲ ਪਲਾਜ਼ਾ ਬੰਦ ਕਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਲਾਗੂ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ 153 ਬਲਾਕਾਂ ਵਿੱਚੋਂ 117 ਵਿੱਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਗਿਆ ਹੈ, ਜੋ ‘ਡਾਰਕ ਜ਼ੋਨ’ ਵਾਲੇ ਖੇਤਰ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਟੇਲਾਂ ਉਤੇ ਪੈਂਦੇ ਕਿਸਾਨਾਂ
ਨੂੰ ਕਦੇ ਵੀ ਨਹਿਰੀ ਪਾਣੀ ਨਹੀਂ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਉੱਤੇ ਪਹੁੰਚਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੁਲਾਈ 2022 ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਜਿਸ ਤੋਂ ਬਾਅਦ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਥਰਮਲ ਪਲਾਂਟ ਦਾ ਨਾਮ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 97,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਮੋਹਰੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣਾ ਕਾਰੋਬਾਰ ਫੈਲਾਉਣ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਵਧੀਆ ਉਦਯੋਗਿਕ ਅਤੇ ਕੰਮ-ਕਾਜੀ ਸੱਭਿਆਚਾਰ ਵਾਲੇ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਰੋਟੀ ਵਾਲੇ ਡੱਬੇ ਦੇਖਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਭਖ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਰਗਰਮ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵੱਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵੱਟਸਐਪ ਨੰਬਰ ‘ਤੇ ਸਾਂਝੀ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚ ਮਿਲਿਆ ਹੈ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਰਨਵੇਅ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਹਰ ਖੇਤਰ ਵਿੱਚ ਸਫ਼ਲਤਾ ਦੇ ਝੰਡੇ ਨਹੀਂ ਗੱਡ ਲੈਂਦੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੇ ਆਪ ਨੂੰ ਮਜ਼ਬੂਤ ਰੱਖਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਸੀਲੈਂਸ ਸੈਂਟਰ ਦਾ 20 ਏਕੜ ਦਾ ਵਿਸ਼ਾਲ ਕੈਂਪਸ ਹੈ, ਜਿਸ ਵਿੱਚ 3,000 ਤੋਂ ਵੱਧ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਦੇਣ ਅਤੇ ਨੌਕਰੀਆਂ ਦੇ ਯੋਗ ਬਣਾਉਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਈ.ਟੀ.ਆਈ. ਲੁਧਿਆਣਾ ਨੂੰ ਅਪਣਾਇਆ ਅਤੇ ਸੇਧ ਦਿੱਤੀ ਹੈ। ਉਨ੍ਹਾਂ ਆਈ.ਟੀ.ਆਈ. ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ ਦੋ ਕਰੋੜ ਰੁਪਏ ਅਤੇ ਆਪਣੇ ਵੱਲੋਂ 70 ਲੱਖ ਰੁਪਏ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਆਫ਼ ਐਕਸੀਲੈਂਸ ਡਿਜੀਟਲ ਕਲਾਸਰੂਮਾਂ ਵਿੱਚ ਆਡੀਓ-ਵੀਡੀਓ ਸੈੱਟਅੱਪ ਅਤੇ ਆਧੁਨਿਕ ਸਿਖਲਾਈ ਲੈਬਾਂ ਦੇ ਨਾਲ ਰੋਬੋਟਿਕ ਵੈਲਡਰ, 3ਡੀ ਪ੍ਰਿੰਟਿੰਗ ਮਸ਼ੀਨਾਂ, ਸੀ.ਐਨ.ਸੀ. ਮਸ਼ੀਨਾਂ ਅਤੇ ਹੋਰ ਅਤਿ-ਆਧੁਨਿਕ ਤਕਨਾਲੌਜੀ ਦੀ ਪੇਸ਼ਕਸ਼ ਕਰੇਗਾ।
ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਾਲਾਂ ਤੋਂ ਖਾਲੀ ਅਤੇ ਅਣਵਰਤਿਆ ਪਿਆ ਸੀ। ਇਹ ਸੈਂਟਰ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਏਵੀਏਸ਼ਨ, ਪ੍ਰਾਹੁਣਚਾਰੀ, ਸੈਰ-ਸਪਾਟਾ, ਖੇਤੀਬਾੜੀ ਹੁਨਰ ਵਿਕਾਸ, ਫੈਸ਼ਨ ਡਿਜ਼ਾਈਨਿੰਗ, ਬਿਊਟੀ ਐਂਡ ਵੈਲਨੈੱਸ, ਨਰਸਿੰਗ, ਸੀ.ਐਨ.ਸੀ. ਪ੍ਰੋਗਰਾਮਿੰਗ, ਇਲੈਕਟ੍ਰੀਸ਼ੀਅਨ, ਵੈਲਡਿੰਗ ਅਤੇ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਦੁਆਰਾ ਮਾਨਤਾ ਪ੍ਰਾਪਤ ਕੋਰਸਾਂ ਦੀ ਸਿਖਲਾਈ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦੀ ਬਹੁਤ ਲੋੜ ਹੈ, ਜਿਸ ਕਾਰਨ ਸੂਬਾ ਸਰਕਾਰ ਸਥਾਨਕ ਉਦਯੋਗ ਦੀ ਮੰਗ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਆਧੁਨਿਕ ਲੀਹਾਂ ‘ਤੇ ਮਿਆਰੀ ਹੁਨਰ ਸਿਖਲਾਈ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਕੇਂਦਰ ਦੋਹਰੇ ਉਦੇਸ਼ ਨੂੰ ਪੂਰਾ ਕਰੇਗਾ, ਇਕ ਪਾਸੇ ਇਹ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਤਾਂ ਜੋ ਹੁਨਰਮੰਦ ਮਨੁੱਖੀ ਸ਼ਕਤੀ ਪੈਦਾ ਹੋਵੇੇ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੌਂਦ, ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਸੰਜੀਵ ਅਰੋੜਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।