ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ- ਗੁਰਮੀਤ ਸਿੰਘ ਖੁੱਡੀਆਂ
ਨਵ-ਨਿਯੁਕਤ ਮਾਰਕੀਟ ਕਮੇਟੀ ਮਲੌਦ ਚੇਅਰਮੈਨ ਨੇ ਕੈਬਨਿਟ ਮੰਤਰੀ ਦੀ ਹਾਜ਼ਰੀ ‘ਚ ਅਹੁਦਾ ਸੰਭਾਲਿਆ , ਖੇਤੀ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਸਹਾਇਕ ਗਤੀਵਿਧੀਆਂ ‘ਤੇ ਵੀ ਦਿੱਤਾ ਜ਼ੋਰ
ਮਲੌਦ 20 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਖ ਪਹਿਲਕਦਮੀਆਂ ਕਰਕੇ ਸੂਬੇ ਦੇ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਹ ਅੱਜ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਲ ਮਲੌਦ ਦਾਣਾ ਮੰਡੀ ਵਿਖੇ ਇੱਕਠ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਮਲੌਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਕਰਨ ਸਿਹੌੜਾ ਨੇ ਖੇਤੀਬਾੜੀ ਮੰਤਰੀ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਕੈਬਿਨੇਟ ਮੰਤਰੀ ਨੇ ਆਸ ਪ੍ਰਗਟਾਈ ਕਿ ਚੇਅਰਮੈਨ ਕਰਨ ਸਿਹੌੜਾ ਪੰਜਾਬ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕਰਦੇ ਰਹਿਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਕਰਨ ਸਿਹੌੜਾ ਸੂਬੇ ਦੇ ਸਭ ਤੋਂ ਨੌਜਵਾਨ ਮਾਰਕੀਟ ਕਮੇਟੀ ਚੇਅਰਮੈਨ ਹਨ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਨੌਜਵਾਨ ਮੋਢੇ ਮਲੌਦ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਸਰਕਾਰ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ‘ਰੰਗਲਾ ਪੰਜਾਬ’ ਦੀ ਸਿਰਜਣਾ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਵਿੱਚ ਆਸ ਦੀ ਕਿਰਨ ਜਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਸਰਕਾਰ ਵਿੱਚ ਨੌਜਵਾਨਾਂ ਨੂੰ ਪ੍ਰਮੁੱਖ ਅਹੁਦੇ ਦੇ ਰਹੀ ਹੈ, ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੀ ਕਈ ਵਿਭਾਗਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਭਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ, ਸਾਡੇ ਨੌਜਵਾਨਾਂ ਨੂੰ ਸਫਲ ਉੱਦਮੀ ਬਣਨ ਦੇ ਯੋਗ ਬਣਾਉਣ ਲਈ ਸਵੈ-ਰੁਜ਼ਗਾਰ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਕਿਸਾਨ ਪੱਖੀ ਪਹਿਲਕਦਮੀਆਂ ‘ਤੇ ਬੋਲਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਡੇਅਰੀ ਫਾਰਮਿੰਗ, ਬਾਗਬਾਨੀ, ਫੂਡ ਪ੍ਰੋਸੈਸਿੰਗ ਯੂਨਿਟਾਂ ਆਦਿ ਸਮੇਤ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਖੇਤੀਬਾੜੀ, ਬਾਗਬਾਨੀ ਅਤੇ ਸਾਰੇ ਸਬੰਧਤ ਵਿਭਾਗ ਰਾਜ ਦੇ ਮੈਕਰੋ-ਆਰਥਿਕ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਸੂਬੇ ਨੂੰ “ਦੇਸ਼ ਦਾ ਅੰਨਦਾਤਾ ” ਦਾ ਖਿਤਾਬ ਮਿਲਿਆ ਹੈ ਪਰ ਹੁਣ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਾਰਨਾ ਸਮੇਂ ਦੀ ਲੋੜ ਹੈ।
ਨਵ-ਨਿਯੁਕਤ ਚੇਅਰਮੈਨ ਦੀ ਸ਼ਲਾਘਾ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਰਨ ਸਿਹੌੜਾ ਨੇ ਇਸ ਹਲਕੇ ਵਿੱਚ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।
ਇਸ ਮੌਕੇ ਚੇਅਰਮੈਨ ਕਰਨ ਸਿਹੌੜਾ ਨੇ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਖੇਤਰ ਦੇ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਇਸ ਮੌਕੇ ਪੁੱਜੇ ਸਮੂਹ ਆਗੂਆਂ ਦਾ ਧੰਨਵਾਦ ਵੀ ਕੀਤਾ।
ਇਸ ਦੌਰਾਨ ਮੰਤਰੀ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ। ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਦੀ ਟੁਕੜੀ ਨੇ ਮੰਤਰੀ ਦਾ ਅਨਾਜ ਮੰਡੀ ਪਹੁੰਚਣ ‘ਤੇ ਗਾਰਡ ਆਫ਼ ਆਨਰ ਦਿੱਤਾ। ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਸ਼ਰਨਪਾਲ ਮੱਕੜ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਾਰੌੜ, ਐਸਡੀਐਮ ਜਸਲੀਨ ਕੌਰ ਭੁੱਲਰ ਵੀ ਹਾਜ਼ਰ ਸਨ।