ਫਗਵਾੜਾ 20 ਮਾਰਚ ( ਪ੍ਰੀਤੀ ਜੱਗੀ) ਫਗਵਾੜਾ ਤਹਿਸੀਲ ਕੰਪਲੈਕਸ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ। ਇਹ ਗੱਲ ਬਾਰ ਐਸੋਸੀਏਸ਼ਨ ਫਗਵਾੜਾ ਦੇ ਉਪ ਪ੍ਰਧਾਨ ਐਡਵੋਕੇਟ ਰੋਹਿਤ ਸ਼ਰਮਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਫਗਵਾੜਾ ਤਹਿਸੀਲ ਵਿੱਚ ਤਾਇਨਾਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਾ ਕੁਝ ਸਮਾਂ ਪਹਿਲਾਂ ਤਬਾਦਲਾ ਹੋ ਚੁੱਕਾ ਹੈ। ਪਰ ਕੋਈ ਨਵਾਂ ਅਧਿਕਾਰੀ ਨਿਯੁਕਤ ਨਹੀਂ ਕੀਤਾ ਗਿਆ। ਜਿਸ ਕਾਰਨ ਲੋਕਾਂ ਦੇ ਕਈ ਜਰੂਰੀ ਕੰਮ ਨਹੀਂ ਹੋ ਰਹੇ ਅਤੇ ਮਾਲ ਵਿਭਾਗ ਦਾ ਵੀ ਨੁਕਸਾਨ ਹੋ ਰਿਹਾ ਹੈ। ਐਡਵੋਕੇਟ ਸ਼ਰਮਾ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਤਹਿਸੀਲ ਵਿੱਚ ਤੁਰੰਤ ਤਹਿਸੀਲਦਾਰ ਦੀ ਨਿਯੁਕਤੀ ਕੀਤੀ ਜਾਵੇ। ਤਾਂ ਜੋ ਲੋਕਾਂ ਦੇ ਜ਼ਮੀਨ ਦੇ ਤਬਾਦਲੇ ਅਤੇ ਫਰਦ ਜਮਾਂਬੰਦੀ ਨਾਲ ਸਬੰਧਤ ਅਧੂਰੇ ਕੰਮਾਂ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸੋਮਵਾਰ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਦੋਂ ਫਗਵਾੜਾ ਦੇ ਸਾਰੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਕਪੂਰਥਲਾ ਵਿੱਚ ਮੌਜੂਦ ਸਨ ਪਰ ਇਸ ਦੇ ਬਾਵਜੂਦ ਮੰਤਰੀ ਨੇ ਫਗਵਾੜਾ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਨਵੀਆਂ ਨਿਯੁਕਤੀਆਂ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਜਿਸ ਕਾਰਨ ਲੋਕਾਂ ਵਿੱਚ ਭੰਬਲਭੂਸਾ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਕਦੋਂ ਹੋਵੇਗੀ ਅਤੇ ਉਹਨਾਂ ਦੇ ਲੰਬਿਤ ਕੰਮ ਕਦੋਂ ਪੂਰੇ ਹੋਣਗੇ।