ਲੁਧਿਆਣਾ, 29 ਅਪ੍ਰੈਲ (jasbir singh) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾ ਰਹੀ ਅਤੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਵੱਖ-ਵੱਖ ਬੈਂਕਾਂ ਵਿੱਚ ਵੋਟਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ।
ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਟੀਮਾਂ ਨੇ ਬੈਂਕ ਸਟਾਫ਼ ਨਾਲ ਲੋਕਤੰਤਰ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਸੈਲਫੀ ਪੁਆਇੰਟ ਵੀ ਬਣਾਏ ਗਏ।
ਟੀਮਾਂ ਨੇ ਜਾਗਰੂਕਤਾ ਮੁਹਿੰਮਾਂ ਦੌਰਾਨ ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ ਆਦਿ ਦਾ ਦੌਰਾ ਕੀਤਾ ਅਤੇ ਪਹਿਲੀ ਵਾਰ ਵੋਟਰਾਂ ਦੀ ਵੋਟ ਬਣਾਉਣ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਗਏ। ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।
ਬੈਂਕ ਸਟਾਫ਼ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਗ੍ਰਾਹਕਾਂ ਨੂੰ ਜਾਗਰੂਕ ਕਰਨ ਤਾਂ ਜੋ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਭਾਗ ਲੈਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਬੀ.ਐਲ.ਓਜ਼ ਨੂੰ ਵੀ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਘਰ-ਘਰ ਜਾਣ ਦੇੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ ਭੈਅ ਅਤੇ ਬਗੈਰ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ