ਲੁਧਿਆਣਾ, 14 ਮਈ (jasbir singh) – ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਲਗਭਗ 34.25 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਸਾਮਾਨ ਜ਼ਬਤ ਕੀਤਾ ਹੈ।
ਨਿਗਰਾਨ ਟੀਮਾਂ ਵੱਲੋਂ 2.83 ਕਰੋੜ ਰੁਪਏ ਦੀ ਨਕਦੀ, 25.35 ਕਰੋੜ ਦੇ ਨਸ਼ੀਲੇ ਪਦਾਰਥ, 3.51 ਕਰੋੜ ਰੁਪਏ ਰੁਪਏ ਦੀ ਸ਼ਰਾਬ ਅਤੇ 2.54 ਕਰੋੜ ਦੀ ਕੀਮਤ ਵਾਲੀਆਂ ਹਰੋ ਵਸਤਾਂ ਜ਼ਬਤ ਕੀਤੀਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦਿਆਂ ਚੋਣ ਅਬਜ਼ਰਵਰਾਂ ਸਮੇਤ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ., ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਖਰਚਾ ਆਬਜ਼ਰਵਰ ਪੰਕਜ ਕੁਮਾਰ, ਆਈ.ਆਰ.ਐਸ., ਚੇਤਨ ਡੀ. ਕਲਮਕਾਰ, ਆਈ.ਆਰ.ਐਸ. ਨੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ।
ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ, ਰੁਪਿੰਦਰ ਪਾਲ ਸਿੰਘ ਅਤੇ ਸਮੂਹ ਏ.ਆਰ.ਓਜ਼ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 358 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ 458 ਅਸੁਰੱਖਿਅਤ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਲਈ ਪ੍ਰਸ਼ਾਸਨ ਵੱਲੋਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵੇਰਵੇ ਹਥਿਆਰਬੰਦ ਬਲਾਂ ਨਾਲ ਵੀ ਸਾਂਝੇ ਕੀਤੇ ਗਏ ਹਨ ਅਤੇ ਵੋਟਰਾਂ ਦਾ ਭਰੋਸਾ ਵਧਾਉਣ ਲਈ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 28864 ਪੋਸਟਰ, ਹੋਰਡਿੰਗਜ਼, ਬੈਨਰ ਹਟਾਏ ਗਏ ਹਨ, ਜਿਨ੍ਹਾਂ ਵਿੱਚ 17243 ਜਨਤਕ ਜਾਇਦਾਦਾਂ ਤੋਂ ਅਤੇ 11621 ਨਿੱਜੀ ਜਾਇਦਾਦਾਂ ਤੋਂ ਹਟਾਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਲੁਧਿਆਣਾ ਵਿੱਚ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿਸ਼ਾਲ ਕਾਰਜ ਨੂੰ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇਸ਼ ਦੀਆਂ ਸਭ ਤੋਂ ਵੱਡੀਆਂ ਕਵਾਇਦਾਂ ਵਿੱਚੋਂ ਇੱਕ ਹਨ, ਜਿਸ ਵਿੱਚ ਸਮਾਜ ਦਾ ਹਰ ਵਰਗ ਪ੍ਰਸ਼ਾਸਨ ਨੂੰ ਇਸ ਨੇਕ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਸਵੰਦ ਹੈ। ਆਮ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਸਾਰੇ ਯਤਨ ਕੀਤੇ ਜਾ ਰਹੇ ਹਨ।
ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ., ਪੁਲਿਸ ਆਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ., ਚੇਤਨ ਡੀ ਕਲਮਕਾਰ, ਆਈ.ਆਰ.ਐਸ. ਸਮੇਤ ਚੋਣ ਅਬਜ਼ਰਵਰਾਂ ਨੇ ਏ.ਆਰ.ਓਜ਼ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹੁਣ ਤੱਕ ਕੀਤੇ ਪ੍ਰਬੰਧਾਂ/ਯਤਨਾਂ ‘ਤੇ ਵੀ ਤਸੱਲੀ ਪ੍ਰਗਟਾਈ।
ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੋਲਿੰਗ ਵਾਲੇ ਦਿਨ ਅਤੇ ਉਸ ਤੋਂ ਪਹਿਲਾਂ ਹਥਿਆਰਬੰਦ ਬਲਾਂ, ਪੁਲਿਸ ਮੁਲਾਜ਼ਮਾਂ ਆਦਿ ਲਈ ਲੋੜੀਂਦੇ ਖਾਣੇ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਏ.ਆਰ.ਓਜ਼ ਨੂੰ ਵੀ ਕਿਹਾ ਕਿ ਉਹ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਢੁੱਕਵੀਆਂ ਸਹੂਲਤਾਂ ਯਕੀਨੀ ਬਣਾਉਣ। ਉਨ੍ਹਾਂ ਵੋਟਿੰਗ ਅਤੇ ਗਿਣਤੀ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ ਨੇੜੇ ਮੈਡੀਕਲ ਸਟਾਫ਼ ਤਾਇਨਾਤ ਕਰਨ ਦਾ ਵੀ ਸੁਝਾਅ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਵੋਟਰਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ।