ਲੁਧਿਆਣਾ, 8 ਮਈ: jasbir singh
ਬੁੱਧਵਾਰ ਨੂੰ ਨਾਮਜ਼ਦਗੀ ਭਰਨ ਦੇ ਦੂਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚ ਦੋ ਆਜ਼ਾਦ ਉਮੀਦਵਾਰ ਅਤੇ ਭਾਰਤੀ ਜਵਾਨ ਕਿਸਾਨ ਪਾਰਟੀ ਦਾ ਇੱਕ ਉਮੀਦਵਾਰ ਸ਼ਾਮਲ ਹੈ।
ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ)-ਕਮ-ਡਿਪਟੀ ਕਮਿਸ਼ਨਰ (ਡੀ.ਸੀ) ਸਾਕਸ਼ੀ ਸਾਹਨੀ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵਿੱਚ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਭੁਪਿੰਦਰ ਸਿੰਘ, ਵਿਪਨ ਕੁਮਾਰ (ਆਜ਼ਾਦ) ਅਤੇ ਬਲਦੇਵ ਰਾਜ ਕਤਨਾ (ਆਜ਼ਾਦ) ਸ਼ਾਮਲ ਹਨ।
ਡੀ.ਈ.ਓ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਮੰਗਲਵਾਰ (7 ਮਈ) ਨੂੰ ਜਾਰੀ ਕੀਤਾ ਗਿਆ ਸੀ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।
ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ ਅਤੇ ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।
ਡੀ.ਈ.ਓ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ, ਜੋਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਛੁੱਟੀ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਹਾਲਾਂਕਿ, 11 ਮਈ, 2024, ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ ਹਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰਾਂ ਨੇ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ।