ਵਿਧਾਇਕ ਪਰਾਸ਼ਰ ਨੇ ਵਿਜੇ ਨਗਰ ਇਲਾਕੇ ਵਿੱਚ ਗਲੀਆਂ ਦੀ ਮੁੜ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ
ਲੁਧਿਆਣਾ, 4 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਿਜੇ ਨਗਰ ਇਲਾਕੇ ਵਿੱਚ ਗਲੀਆਂ ਦੀ ਮੁੜ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ।
ਇਹ ਪ੍ਰਾਜੈਕਟ 31.46 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਸੋਮਵਾਰ ਨੂੰ ਵਿਧਾਇਕ ਪਰਾਸ਼ਰ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੰਮ ਦੀ ਸ਼ੁਰੂਆਤ ਕੀਤੀ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਵਿਜੇ ਨਗਰ (ਪੁਰਾਣਾ ਵਾਰਡ ਨੰਬਰ 20) ਹੁਣ ਵਾਰਡ ਨੰਬਰ 30 ਅਧੀਨ ਆਉਂਦਾ ਹੈ। ਇਲਾਕੇ ਦੀਆਂ ਗਲੀਆਂ ਦਾ ਬੁਰਾ ਹਾਲ ਸੀ ਜਿਸ ਬਾਰੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਮਾਮਲਾ ਉਠਾਇਆ ਅਤੇ ਸੜਕਾਂ ਦੀ ਮੁੜ ਉਸਾਰੀ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਉਹ ਇਲਾਕੇ ਵਿੱਚ ਕਈ ਪਾਰਕਾਂ ਦੇ ਮੁੜ ਵਿਕਾਸ ਲਈ ਵੀ ਕੰਮ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਕੰਮ ਦੀ ਗੁਣਵੱਤਾ ਵਿੱਚ ਕੋਈ ਤਰੁੱਟੀ ਪਾਈ ਗਈ ਤਾਂ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।