ਵਿਧਾਇਕ ਪਰਾਸ਼ਰ ਨੇ ਸ਼ਿਵਪੁਰੀ ਪੁਲੀ ਨੇੜੇ ਬੁੱਢੇ ਨਾਲੇ ਵਿੱਚ ਸੀਵਰ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਪ੍ਰੋਜੈਕਟ ਦਾ ਕੀਤਾ ਉਦਘਾਟਨ !
ਲੁਧਿਆਣਾ, 2 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਸ਼ਿਵਪੁਰੀ ਪੁਲੀ ਨੇੜੇ ਬੁੱਢੇ ਨਾਲੇ ਵਿੱਚ ਸੀਵਰ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ।
ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਸੀਵਰੇਜ ਦੇ ਪ੍ਰਵਾਹ ਨੂੰ ਰੋਕਣ ਲਈ ਇਸ ਜਗ੍ਹਾ ‘ਤੇ ਸੀਵਰ ਲਾਈਨਾਂ ਵਿਛਾਈਆਂ ਜਾਣਗੀਆਂ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਕੁਝ ਹੋਰ ਥਾਵਾਂ ‘ਤੇ ਵੀ ਇਸੇ ਤਰ੍ਹਾਂ ਦੇ ਆਊਟਲੈਟ ਪੁਆਇੰਟਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਨਾਲੇ ਵਿੱਚ ਕੂੜਾ ਨਾ ਸੁੱਟ ਕੇ ਨਾਲੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੁਧਿਆਣਾ ਕੇਂਦਰੀ ਹਲਕੇ ‘ਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।