ਲੁਧਿਆਣਾ, 31 ਜਨਵਰੀ (ਮਨਪ੍ਰੀਤ ਸਿੰਘ ਅਰੋੜਾ) ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕੰਮ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਹਬੀਬ ਗੰਜ (ਵਾਰਡ ਨੰਬਰ 75 ਵਿੱਚ ਨੇੜੇ ਗੋਪਾਲ ਮੰਦਰ) ਵਿੱਚ ਗਲੀਆਂ ਦੇ ਪੁਨਰ ਨਿਰਮਾਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਹ ਪ੍ਰੋਜੈਕਟ 28.60 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਦੀ ਗੁਣਵੱਤਾ ‘ਤੇ ਨਜ਼ਰ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਹਲਕਾ ਲੁਧਿਆਣਾ ਕੇਂਦਰੀ ਵਿੱਚ ਨਿਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਵਸਨੀਕਾਂ ਤੋਂ ਫੀਡਬੈਕ ਵੀ ਲਈ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨਾ ਹੈ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਹਰ ਖੇਤਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ।