ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ੇਰਪੁਰ ਮੁਹੱਲਾ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ !
ਲੁਧਿਆਣਾ, 22 ਫਰਵਰੀ (ਗੌਰਵ ਬੱਸੀ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸ਼ੇਰਪੁਰ ਦੇ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ।
ਉਨ੍ਹਾਂ ਮੌਕੇ ’ਤੇ ਦੇਖਿਆ ਕਿ ਲੋਕ ਕਲੀਨਿਕ ਦੀਆਂ ਸਹੂਲਤਾਂ ਦਾ ਭਰਪੂਰ ਲਾਭ ਲੈ ਰਹੇ ਸਨ ਅਤੇ ਉਨ੍ਹਾਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਤਾਂ ਜੋ ਆਮ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਵਿੱਚ ਲੋਕਾਂ ਨੂੰ 40 ਤੋਂ ਵੱਧ ਟੈਸਟ ਅਤੇ 100 ਤੋਂ ਵੱਧ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਸਹੂਲਤਾਂ ਨੂੰ ਕੋਈ ਤਵੱਜੋਂ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਸਦਕਾ ਸੂਬਾ ਪਛੜ ਗਿਆ ਸੀ ਜਿਸ ਨੂੰ ਹੁਣ ਲੀਹਾਂ ਤੇ ਲਿਆਉਣ ਲਈ ਆਮ ਆਦਮੀ ਦੀ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ।