ਲੁਧਿਆਣਾ – ਨਾਮਧਾਰੀ ਸੰਪਰਦਾ ਦੇ ਬਾਨੀ ਅਤੇ ਆਧੁਨਿਕ ਆਜ਼ਾਦੀ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 2 ਫਰਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਲਾਨ ਕੀਤਾ ਕਿ ਇਹ ਸਮਾਗਮ 2 ਫਰਵਰੀ ਨੂੰ ਹੋਵੇਗਾ। ਇਸ ਸਮਾਗਮ ਵਿੱਚ ਸੂਬਾ ਸਰਕਾਰ ਦੇ ਵੱਖ-ਵੱਖ ਨੁਮਾਇੰਦੇ, ਵਿਧਾਇਕ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ, ਆਜ਼ਾਦੀ ਘੁਲਾਟੀਏ ਅਤੇ ਹਜ਼ਾਰਾਂ ਪੈਰੋਕਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਇੱਕ ਕਮੇਟੀ ਦਾ ਗਠਨ ਕਰਨ ਦੇ ਆਦੇਸ਼ ਦਿੱਤੇ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਦੀ ਰੂਪ ਰੇਖਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਅਤੇ ਅਮਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਐਸ.ਡੀ.ਐਮ. ਜਸਲੀਨ ਭੁੱਲਰ, ਆਰ.ਟੀ.ਏ. ਕੁਲਦੀਪ ਬਾਵਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।