ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਦੀ ਪ੍ਰਕਿਰਿਆ ਆਰੰਭੀ ਗਈ ਹੈ – ਉਪਿੰਦਰਜੀਤ ਕੌਰ ਬਰਾੜ !
ਲੁਧਿਆਣਾ, 23 ਨਵੰਬਰ (000) – ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਬੀਤੇ ਕੱਲ੍ਹ 22 ਨਵੰਬਰ ਦਿਨ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 51 ਦਰਖਾਸ਼ਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਪ੍ਰਕਿਰਿਆ ਆਰੰਭੀ ਗਈ ਹੈ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ ਬਰਾੜ, ਪੀ.ਸੀ.ਐਸ. ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਸਥਾਨਕ ਸਰਕਟ ਹਾਊਸ ਕੰਪਲੈਕਸ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ (ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ) ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਬਣਦੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੈਨਸ਼ਨ ਅਦਾਲਤ ਮੌਕੇ ਕੁੱਲ 51 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋ 17 ਦਰਖਾਸਤਾਂ ਦਾ ਸਬੰਧ ਬੈਂਕਾਂ ਅਤੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਨਾਲ ਹੋਣ ਕਾਰਨ ਹਾਜ਼ਰ ਅਧਿਕਾਰੀਆਂ ਨੂੰ ਮੌਕੇ ਤੇ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ ਜਦਕਿ 20 ਦਰਖਾਸਤਾਂ ਦਾ ਸਬੰਧ ਦਫ਼ਤਰ, ਮਹਾਂਲੇਖਾਕਾਰ ਪੰਜਾਬ ਨਾਲ ਹੋਣ ਕਾਰਨ ਇਨ੍ਹਾਂ ਦਰਖਾਸਤਾਂ ਨੂੰ ਸਿੱਧੇ ਤੌਰ ਤੇ ਉਨ੍ਹਾਂ ਦੀ ਟੀਮ ਨੂੰ ਨਿਪਟਾਰੇ ਹਿੱਤ ਸੌਂਪੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਕੀ 14 ਦਰਖਾਸਤਾਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਦਫ਼ਤਰਾਂ ਨਾਲ ਹੋਣ ਕਾਰਨ ਨਿਪਟਾਰਾ ਕਰਕੇ ਇੱਕ ਹਫ਼ਤੇ ਦੇ ਅੰਦਰ ਅੰਦਰ ਰਿਪੋਰਟ ਭੇਜਣ ਲਈ ਹਦਾਇਤ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਹਿੱਤ, ਭਵਿੱਖ ਵਿੱਚ ਵੀ ਅਜਿਹੀਆਂ ਪੈਨਸ਼ਨ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।