ਜਲੰਧਰ 10 ਅਪ੍ਰੈਲ (ਪ੍ਰੀਤੀ ਜੱਗੀ) ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ, ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਅਤੇ ਮੁੱਖ ਮੰਤਰੀ ਪੰਜਾਬ ਦੀ ਵਅਦਾ ਖਿਲਾਫੀ ਨੂੰ ਉਜਾਗਰ ਕਰਨ ਹਿੱਤ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ ਅੱਜ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਸੂਬੇ ਭਰ ਵਿੱਚੋਂ ਮੁਲਾਜ਼ਮਾਂ ਵਲੋਂ ਭਾਰੀ ਸੰਖਿਆ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਰੈਲੀ ਦੀ ਵਿਸ਼ੇਸ਼ਤਾ ਇਹ ਰਹੀ ਕਿ ਸੂਬੇ ਭਰ ਵੱਚੋਂ ਬੱਸਾਂ, ਗੱਡੀਆਂ,ਫੋਰ-ਵੀ੍ਹਲਰਾਂ ਅਤੇ ਨਿੱਜੀ ਵਾਹਨਾਂ ਰਾਹੀ ਮੁਲਾਜ਼ਮਾਂ ਦੇ ਵੱਡੇ ਕਾਫਲੇ ਝੰਡਿਆਂ ਅਤੇ ਬੈਨਰਾਂ ਨਾਲ ਲੈਸ ਹੋ ਕੇ ਸਰਕਾਰ ਵਿਰੋਧੀ ਨਾਅਰੇ ਮਾਰਦੇ ਹੋਏ ਰੈਲੀ ਵਿੱਚ ਆ ਰਹੇ ਸਨ ਅਤੇ ਦੂਰ ਦੇ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਦੇ ਵੱਡੇ ਕਾਫਲੇ ਰੈਲੀ ਖਤਮ ਹੋਣ ਤੱਕ ਵੀ ਪਹੁੰਚਦੇ ਰਹੇ। ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖਫਾ ਮਹਿਲਾ ਮੁਲਾਜ਼ਮਾਂ ਵੀ ਵੱਡੀ ਗਿਣਤੀ ਵਿੱਚ ਲਗਾਤਾਰ ਪਹੁੰਚਦੀਆਂ ਰਹੀਆਂ। ਰੈਲੀ ਦੀ ਕਾਰਵਾਈ ਸ਼ੁਰੂ ਕਰਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਇਹ ਰੈਲੀ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਦੀ ਵਾਅਦਾ-ਖਿਲਾਫੀ ਵਿਰੁੱਧ ਵੀ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾ ਵਰਤ ਕੇ ਸੱਤਾ ਵਿੱਚ ਆਏ ਮੁੱਖ ਮੰਤਰੀ ਵਲੋਂ ਸਿਰਫ ਸਟੇਜਾਂ ਤੇ ਵੱਡੇ-ਵੱਡੇ ਝੂਠੇ ਭਾਸ਼ਣ ਹੀ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਤੇ ਝੂਠੇ ਪਰਚੇ ਦਰਜ ਕਰਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ ਅਤੇ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਵੀ ਸਕੂਲਾਂ ਅਤੇ ਸਰਕਾਰੀ ਅਦਾਰਿਆ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਰੈਲੀ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨ ਲਈ ਪਹੁੰਚੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਵਿੱਤ ਸਕੱਤਰ ਸਾਥੀ ਸ਼ਸ਼ੀਕਾਂਤ ਰਾਏ (ਬਿਹਾਰ) ਨੇ ਸੰਬੋਧਨ ਕਰਦਿਆ ਕਿਹਾ ਕਿ ਸੂਬਾ ਸਰਕਾਰਾਂ ਦੀ ਤਰਾਂ ਹੀ ਕੇਂਦਰ ਸਰਕਾਰ ਵੀ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਵੀ ਲੋਕਾਂ ਨੂੰ ਸਹੂਲਤਾਂ ਪ੍ਰਧਾਨ ਕਰਦੇ ਸਰਕਾਰੀ ਅਦਾਰਿਆਂ ਨੂੰ ਖਤਮ ਕਰਕੇ ਅਦਾਨੀਆਂ ਤੇ ਅੰਬਾਨੀਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ, ਧਰਮ ਦੇ ਨਾ ਤੇ ਦੇਸ਼ ਅੰਦਰ ਅਰਾਜਿਕਤਾ ਫੈਲਾਈ ਜਾ ਰਹੀ ਹੈ ਅਤੇ ਘੱਟ ਗਿਣਤੀ ਕੌਮਾਂ ਤੇ ਸਰਕਾਰੀ ਗੁੰਡਿਆਂ ਕੋਲੋਂ ਤਸ਼ੱਦਦ ਕਰਵਾਇਆ ਜਾ ਰਿਹਾ ਹੈ। ਉਹਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਵਿਰੁੱਧ ਦੇਸ਼ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਮਿਤੀ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਦਾ ਹੋਕਾ ਵੀ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਕੌਮੀਂ ਸਕੱਤਰ ਸਾਥੀ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਸਰਕਾਰਾਂ ਜਿੱਥੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ ਉੱਥੇ ਹੀ ਪੈਨਸ਼ਨਰਾਂ ਨੂੰ ਮਿਲ ਰਹੀਆਂ ਸਹੂਲਤਾਂ ਵੀ ਖਤਮ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁਲਾਜ਼ਮ ਸਮਾਜਿਕ ਸੁਰੱਖਿਆ ਲਈਪੁਰਾਣੀ ਪੈਨਸ਼ਨ ਦੀ ਮੰਗ ਕਰ ਰਹੇ ਹਨ ਪ੍ਰੰਤੂ ਮੋਦੀ ਸਰਕਾਰ ਤਾਂ ਪੈਨਸ਼ਨਰਾਂ ਦੀ ਸਮਾਜਿਕ ਸੁਰੱਖਿਆ ਖੋਹ ਕੇ ਪੈਨਸ਼ਨਾਂ ਬੰਦ ਕਰਨ ਦੇ ਮਨਸੂਬੇ ਬਣਾਈ ਬੈਠੀ ਹੈ ਅਤੇ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨਾ ਚਾਹੀਦਾ ਹੈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ ਅਤੇ ਇਹਨਾਂ ਨੀਤੀਆਂ ਨੂੰ ਮੋੜਾ ਦੇਣ ਲਈ ਤਿੱਖੇ ਅਤੇ ਸਾਂਝੇ ਸੰਘਰਸ਼ਾਂ ਨੂੰ ਹੋਰ ਵੀ ਤੇਜ਼ ਕਰਨਾ ਪਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਾਂਝੇ ਫਰੰਟ ਨੂੰ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਸਤੋਂ ਇਹ ਸਪੱਸ਼ਟ ਹੈ ਕਿ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ।ਵਿੱਤ ਮੰਤਰੀ ਵਲੋਂ ਵੀ ਪੇਸ਼ ਕੀਤੇ ਬੱਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ,ਮਿਡ ਡੇ ਮੀਲ, ਆਗਣਵਾੜੀ, ਆਸ਼ਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ, ਬੰਦ ਭੱਤਿਆਂ ਨੂੰ ਚਾਲੂ ਕਰਨ,ਪੁਰਾਣੀ ਪੈਨਸ਼ਨ ਲਾਗੂ ਕਰਨ,ਬਕਾਇਆਂ ਦੀ ਅਦਾਇਗੀ ਕਰਨ, ਮੁਲਾਜ਼ਮਾਂ ਦੀ ਪੱਕੇ ਤੌਰ ਤੇ ਭਰਤੀ ਕਰਨ ਸਬੰਧੀ ਕੋਈ ਵੀ ਤਜ਼ਵੀਜ ਨਹੀਂ ਰੱਖੀ ਹੈ।ਉਹਨਾਂ ਕਿਹਾ ਕਿ ਸੰਘਰਸ਼ਾਂ ਨੂੰ ਤਿੱਖਾ ਕਰਨਾ ਹੀ ਸਮੇਂ ਦੀ ਮੁੱਖ ਲੋੜ ਬਣ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਇਸ ਰੈਲੀ ਨੂੰ ਸੰਬੋਧਨ ਕਰਦਿਆ ਜੱਥੇਬੰਦੀ ਦੇ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਜੀ.ਟੀ.ਯੂ.ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ,ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ,ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਸੂਬਾ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ,ਮਿਡ-ਡੇ-ਮੀਲ ਵਰਕਜ਼ ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ,ਪੈਰਾ-ਮੈਡੀਕਲ ਯੂਨੀਅਨ ਦੇ ਸੂਬਾ ਚੇਅਰਮੈਨ ਇੰਦਰਜੀਤ ਵਿਰਦੀ,ਲਘੂ ਉਦਯੋਗ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਰਿਆੜ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ,ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸ਼ਰਮੀਲਾ ਰਾਣੀ,ਮੰਡੀ ਬੋਰਡ ਯੂਨੀਅਨ ਦੇ ਸੂਬਾ ਪ੍ਰਧਾਨ ਬੀਰਇੰਦਰਜੀਤ ਪੁਰੀ,ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫੀਸਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਉੱਪਲ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਨਗਰ ਕੌਂਸਲ ਯੂਨੀਅਨ ਆਗੂ ਜਤਿੰਦਰ ਕੁਮਾਰ,ਪੀ.ਆਰ.ਟੀ.ਸੀ. ਯੂਨੀਅਨ ਆਗੂ ਸਿਮਰਜੀਤ ਸਿੰਘ ਬਰਾੜ, ਆਈ.ਟੀ.ਆਾਈ. ਯੂਨੀਅਨ ਆਗੂ ਜਰਨੈਲ ਸਿੰਘ ਪੱਟੀ, ਪਸ਼ੂ ਪਾਲਣ ਯੂਨੀਅਨ ਆਗੂ ਚਮਕੌਰ ਸਿੰਘ ਨਾਭਾ,ਸਫਾਈ ਸੇਵਕ ਯੂਨੀਅਨ ਦੇ ਸੂਬਾ ਆਗੂ ਰਮੇਸ਼ ਕੁਮਾਰ ਵੈਦ, ਠੇਕਾ ਮੁਲਾਜ਼ਮ ਯੂਨੀਅਨ ਆਗੂ ਜਸਪ੍ਰੀਤ ਗਗਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਸਹਿਤ ਸਾਰੇ ਹੀ ਵਿਧਾਇਕ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਪਹੁੰਚ ਕੇ ਵਾਅਦਾ ਕਰਦੇ ਸਨ ਕਿ ਸਰਕਾਰ ਬਣਨ ਤੇ ਸਾਰੀਆਂ ਹੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲਕੀਤਾ ਜਾਵੇਗਾ ਪ੍ਰੰਤੁ ਸੱਤਾ ਵਿਚ ਆਉਂਦਿਆਂ ਹੀ ਮੁਲਾਜ਼ਮਾਂ ਮੰਗਾਂ ਨੂੰ ਤਾਂ ਹੱਲ ਕੀ ਕਰਨਾ ਸੀ ਸਗੋਂ ਮੁੱਖ ਮੰਤਰੀ ਵਲੋਂ ਤਿੰਨ ਸਾਲਾਂ ਵਿੱਚ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਮੁੱਖ ਮੰਤਰੀ ਵਲੋਂ ਝੂਠ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਹੱਕ ਮੰਗ ਰਹੇ ਮੁਲਾਜ਼ਮਾਂ ਤੇ ਝੂਠੇ ਪਰਚੇ ਦਰਜ ਕਰਕੇ ਸੰਘਰਸ਼ ਕਰਨ ਦੇ ਹੱਕ ਨੂੰ ਵੀ ਖੌਹਿਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਲੋਕਾਂ ਦਾ ਸਾਰਾ ਪੈਸਾ ਆਪਣੇ ਪ੍ਰਚਾਰ ਤੇ ਹੀ ਖਰਚ ਕੀਤਾ ਜ ਰਿਹਾ ਹੈ। ਰੈਲੀ ਉਪਰੰਤ ਸ਼ਹਿਰ ਅੰਦਰ ਪ੍ਰੈਸ ਕਲੱਬ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗੁਰਬਿੰਦਰ ਸਿੰਘ ਸਸਕੌਰ, ਹਰਨਿੰਦਰ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ ਟਾਹਲੀ, ਨਿਰਮੋਲਕ ਸਿੰਘ ਹੀਰਾ,ਜਗਦੀਪ ਸਿੰਘ ਮਾਂਗਟ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਬੋਬਿੰਦਰ ਸਿੰਘ, ਕੁਲਦੀਪ ਪੁਰੋਵਾਲ, ਪੁਸ਼ਪਿੰਦਰ ਕੁਮਾਰ ਵਿਰਦੀ,ਜਸਵਿੰਦਰ ਸੋਜਾ,ਜਗਦੇਵ ਸਿੱਧੂ, ਫੁੰਮਣ ਸਿੰਘ ਕਾਠਗੜ੍ਹ, ਦਰਸ਼ਨ ਚੀਮਾ,ਮਨੋਹਰ ਲਾਲ ਸ਼ਰਮਾ, ਪ੍ਰੇਮ ਚੰਦ,ਸੁਭਾਸ਼ ਚੰਦਰ,ਤਰਸੇਮ ਮਾਧੋਪੁਰੀ,ਲਖਵਿੰਦਰ ਸਿੰਘ ਖਾਨਪੁਰ ਆਦਿ ਆਗੂ ਵੀ ਹਾਜ਼ਰ ਸਨ।