ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੀ ਜ਼ਰੂਰਤ – ਵਧੀਕ ਪ੍ਰਮੁੱਖ ਸਕੱਤਰ
ਅੱਜ ਵੀ ਸਾਡੇ ਦਿਲਾਂ ਵਿੱਚ ਜਿਉਂਦੇ ਹਨ ਸ਼ਹੀਦ – ਡਿਪਟੀ ਕਮਿਸ਼ਨਰ
ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
ਅੰਮ੍ਰਿਤਸਰ, 17 ਅਗਸਤ (ਮਨਪ੍ਰੀਤ ਸਿੰਘ ਅਰੋੜਾ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਅੱਜ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਬੋਲਦਿਆਂ ਵਧੀਕ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਤੇ ਗਵਰਨਰ ਪੰਜਾਬ ਵਲੋਂ ਸ਼ਿਰਕਤ ਕੀਤੀ ਜਾਣੀ ਸੀ। ਪਰੰਤੂ ਉਨਾਂ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਨਹੀਂ ਪੁੱਜ ਸਕੇ ਅਤੇ ਉਨਾਂ ਵਲੋਂ ਮੇਰੀ ਡਿਊਟੀ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਲਗਾਈ ਗਈ ਹੈ। ਇਸ ਮੌਕੇ ਉਨਾਂ ਨੇ ਗਵਰਨਰ ਪੰਜਾਬ ਦਾ ਸੰਦੇਸ਼ ਵੀ ਪੜ੍ਹ ਕੇ ਸੁਣਾਇਆ। ਉਨਾਂ ਕਿਹਾ ਕਿ ਅੱਜ ਸਮੇਂ ਦੀ ਵੱਡੀ ਜ਼ਰੂਰਤ ਹੈ ਕਿ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੱਤਾ ਜਾਵੇ। ਉਨਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਨੇ 26 ਸਾਲ ਦੀ ਉਮਰ ਵਿੱਚ ਹੀ ਆਪਣੀ ਜਵਾਨੀ ਦੇਸ਼ ਦੇ ਲੇਖੇ ਲਾ ਦਿੱਤੀ ਸੀ। ਉਨਾਂ ਕਿਹਾ ਕਿ ਅੱਜ ਇਸ ਤਰ੍ਹਾਂ ਲੱਗ ਰਿਹਾ ਹੈ, ਜਿਸ ਤਰ੍ਹਾਂ ਕੋਈ ਮੇਲਾ ਲੱਗਾ ਹੋਵੇ। ਉਨਾਂ ਕਿਹਾ ਕਿ ਅੱਜ ਵੀ ਸਾਡੇ ਦਿਲਾਂ ਵਿੱਚ ਸ਼ਹੀਦ ਜਿਉਂਦਾ ਹਨ, ਕਿਉਂਕਿ ਉਹ ਅਮਰ ਹਨ। ਸ੍ਰੀ ਤਲਵਾੜ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਦੇ ਚੱਲੀਏ ਅਤੇ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰੀਏ। ਸ਼ਹੀਦ ਮਦਨ ਲਾਲ ਸਮਾਰਕ ਸਮੀਤਿ ਵਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਜਿੰਨਾਂ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੋਧਿਆਂ ਦੀ ਸੀ।
ਇਸ ਮੌਕੇ ਮਨਦੀਪ ਘਈ ਦੀ ਟੀਮ ਵਲੋਂ ਬਲੀਦਾਨ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਵੱਲੋਂ , ਦੇਸ਼ ਭਗਤੀ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ। ਸ਼ਹੀਦ ਮਦਨ ਲਾਲ ਸਮਾਰਕ ਸਮੀਤਿ ਦੀ ਪ੍ਰਧਾਨ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਅੱਜ ਸਮੇਂ ਦੀ ਸੱਭ ਤੋਂ ਵੱਡੀ ਜ਼ਰੂਰਤ ਹੈ ਕਿ ਸਕੂਲਾਂ ਕਾਲਜਾਂ ਵਿੱਚ ਸ਼ਹੀਦਾਂ ਦੀ ਜੀਵਨੀ ਨੂੰ ਪੜ੍ਹਾਇਆ ਜਾਵੇ ਤਾਂ ਜੋ ਬੱਚੇ ਇਨਾਂ ਤੋਂ ਸੇਧ ਲੈ ਸਕਣ। ਇਸ ਮੌਕੇ ਮੈਡਮ ਚਾਵਲਾ ਵਲੋਂ ਵੱਖ ਵੱਖ ਸਕੂਲਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਕਰਵਾਏ ਗਏ ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮੀਤਿ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਭੇਂਟ ਕੀਤੀਆ ਗਈਆਂ। ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮੀਤਿ ਵਲੋਂ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ. ਸ: ਮਨਕੰਵਲ ਚਾਹਲ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ , ਪਿ੍ਰੰਸੀਪਲ ਸਰਕਾਰੀ ਆਈ.ਟੀ.ਆਈ. ਇੰਜ: ਸੰਜੀਵ ਸਰਮਾ, ਡਾ. ਰਾਕੇਸ਼ ਕੁੰਦਰਾ, ਰੀਜ਼ਨਲ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਸ੍ਰੀ ਵਿੰਮਲੇਂਦੂ ਸ਼ੇਖਰ ਵਤਸ, ਡਾ. ਰਾਮ ਚਾਵਲਾ, ਸ੍ਰੀ ਅਨੁਜ ਸਿੱਕਾ, ਸ਼ੀ ਪਿਆਰੇ ਲਾਲ ਸੇਠ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਲੋਕ ਹਾਜ਼ਰ ਸਨ।