ਸਿਵਲ ਸਰਜਨ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ , ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ
ਲੁਧਿਆਣਾ, 25 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮੇਸ਼ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਟਾਇਰ ਮਾਰਕੀਟ ਅਤੇ ਰੇਲਵੇ ਕਲੌਨੀ ਵਿੱਚ ਵਿਸ਼ੇਸ ਚੈਕਿੰਗ ਕਰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ।
ਸਿਵਲ ਸਰਜਨ ਨੇ ਦੱਸਿਆ ਕਿ ਬਰਸ਼ਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੈਕਟਰ ਬੋਰਨ ਬਿਮਾਰੀਆਂ ਜਿਵੇ ਕਿ ਡੇਗੂ, ਚਿਕਨਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ-ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।
ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਡੇਗੂ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।