ਲੁਧਿਆਣਾ – 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਅਹੁੱਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਸ਼ਾਮਲ ਸਨ।
ਸ੍ਰੀ ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਬਤੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਟਿਆਲਾ, ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੱਛਮੀ ਅਤੇ ਉਪ ਮੰਡਲ ਮੈਜਿਸਟਰੇਟ ਧਾਰ ਕਲਾਂ (ਪਠਾਨਕੋਟ) ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ।
ਸ੍ਰੀ ਹਰਜਿੰਦਰ ਸਿੰਘ ਬੇਦੀ ਨੂੰ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਪਟਿਆਲਾ ਤੋਂ ਲੁਧਿਆਣਾ ਬਦਲਿਆ ਗਿਆ ਹੈ। ਆਪਣੇ ਨਵੇਂ ਅਹੁੱਦੇ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੀਆਂ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਆਪਣੇ ਦਫ਼ਤਰ ਵਿਚ ਸਟਾਫ ਨਾਲ ਮੁੱਢਲੀ ਮੀਟਿੰਗ ਦੌਰਾਨ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ੍ਰੀ ਹਰਜਿੰਦਰ ਸਿੰਘ ਬੇਦੀ ਨੂੰ ਸੁ਼ਭਕਾਮਨਾਵਾਂ ਵੀ ਦਿੱਤੀਆਂ।