ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਸ਼ੁਰੂ
ਲੁਧਿਆਣਾ, 14 ਅਕਤੂਬਰ(ਮਨਪ੍ਰੀਤ ਸਿੰਘ ਅਰੋੜਾ ) ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿੱਚ ਦੋ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਧੋਬੀ ਘਾਟ (ਵਾਰਡ ਨੰਬਰ 83 ਵਿੱਚ ਬਾਜਵਾ ਨਗਰ) ਵਿਖੇ 11.93 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਦਕਿ ਪ੍ਰੇਮ ਨਗਰ (ਵਾਰਡ ਨੰਬਰ 74) ਵਿਖੇ 5.05 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਕੇਂਦਰੀ ਹਲਕੇ ਵਿੱਚ ਸੜਕਾਂ ਬਣਾਉਣ, ਟਿਊਬਵੈੱਲ ਲਗਾਉਣ ਅਤੇ ਸੀਵਰੇਜ ਸਿਸਟਮ ਨੂੰ ਸੁਧਾਰਨ ਲਈ ਵੱਖ-ਵੱਖ ਪ੍ਰੋਜੈਕਟ ਕੀਤੇ ਜਾ ਰਹੇ ਹਨ। ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਹਾਲ ਹੀ ਵਿੱਚ ਵਿਧਾਇਕ ਪਰਾਸ਼ਰ ਨੇ ਰੜੀ ਮੁਹੱਲਾ, ਕਸ਼ਮੀਰ ਨਗਰ, ਢਾਈ ਮਰਲਾ ਕਲੋਨੀ ਸਮੇਤ ਹੋਰ ਇਲਾਕਿਆਂ ਵਿੱਚ 1.46 ਕਰੋੜ ਰੁਪਏ ਦੇ ਸੜਕ ਨਿਰਮਾਣ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਸੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।