ਜ਼ਿਲ੍ਹੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ , ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ !
ਲੁਧਿਆਣਾ, 8 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਐਸਐਸਪੀ ਖੰਨਾ ਅਮਨੀਤ ਕੋਂਡਲ ਅਤੇ ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਨੇ ਅੱਜ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਜ਼ਿਲ੍ਹੇ ਵਿੱਚ ਸਿਹਤ ਅਤੇ ਵਾਤਾਵਰਣ ਨਾਲ ਜੁੜੇ ਗੰਭੀਰ ਮੁੱਦੇ ਪੈਦਾ ਹੋ ਰਹੇ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਮੁੱਚੀ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ‘ਚੋਂ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ।
ਇਸ ਮੀਟਿੰਗ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਮੂਹ ਸੀਨੀਅਰ ਅਧਿਕਾਰੀਆਂ, ਐਸਐਸਪੀ ਖੰਨਾ ਅਤੇ ਲੁਧਿਆਣਾ ਦਿਹਾਤੀ ਦੇ ਅਧਿਕਾਰ ਖੇਤਰ ਦੇ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਵਾਤਾਵਰਣ ਦੀ ਸੰਭਾਲੀ ਅਤੇ ਸਿਹਤ ਸਮੱਸਿਆ ਦੇ ਹੱਲ ਲਈ ਬੇਹਤਰ ਤਾਲਮੇਲ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਸਹਿਕਾਰੀ ਸਭਾਵਾਂ ਰਾਹੀਂ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਬੇਲਰ, ਸਰਫੇਸ ਸੀਡਰ ਆਦਿ ਸਮੇਤ 8000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਲਈ ਜਿਨ੍ਹਾਂ ਕਿਸਾਨਾਂ ਨੇ ਇਹ ਮਸ਼ੀਨਰੀ ਪ੍ਰਾਪਤ ਕੀਤੀ ਹੈ, ਉਨ੍ਹਾਂ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਪਰਾਲੀ ਨੂੰ ਸਾੜਨ ਤੋਂ ਬਿਨਾਂ ਆਪਣੀ ਪਰਾਲੀ ਦਾ ਪ੍ਰਬੰਧਨ ਕਰ ਸਕਣ।
ਡੀਸੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਸਿਹਤ ਅਤੇ ਵਾਤਾਵਰਣ ਸਬੰਧੀ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜੋ ਕਿ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਸਨੇ ਇਹ ਵੀ ਕਿਹਾ ਕਿ ਸੈਟੇਲਾਈਟ ਪ੍ਰਣਾਲੀਆਂ ਰਾਹੀਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਚੌਵੀ ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ; ਇਸ ਲਈ ਕੋਈ ਵੀ ਕਿਸਾਨ ਜਿਸਨੇ ਪਰਾਲੀ ਨੂੰ ਅੱਗ ਲਗਾਇ ਹੈ ਉਹ ਪ੍ਰਸ਼ਾਸਨ ਦੀਆਂ ਨਜ਼ਰਾਂ ਤੋਂ ਬਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਸਾਡੇ ਵਾਤਾਵਰਨ, ਸਿਹਤ ਅਤੇ ਮਿੱਟੀ ਦੀ ਸੁਰੱਖਿਆ ਲਈ ਇਸ ਪ੍ਰਥਾ ਨੂੰ ਰੋਕਣਾ ਸਮੇਂ ਦੀ ਲੋੜ ਹੈ।
ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇਸ ਮੁੱਦੇ ‘ਤੇ ਸਾਂਝੇ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਤਾਂ ਵਿੱਚ ਅੱਗ ਲੱਗਣ ਦੀ ਪੁਸ਼ਟੀ ਹੋਣ ਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਪ੍ਰਣਾਲੀ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਜਦਕਿ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸਭ ਤੋਂ ਵੱਧ ਤਰਜੀਹ ਦੇਣ ਕਿਉਂਕਿ ਇਹ ਸਿੱਧਾ ਸਾਡੇ ਭਵਿੱਖ ਨਾਲ ਜੁੜਿਆ ਹੋਇਆ ਹੈ।
—–