ਮਾਛੀਵਾੜਾ ਸਾਹਿਬ/ਸਮਰਾਲਾ/ਲੁਧਿਆਣਾ, 18 ਅਪ੍ਰੈਲ – ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗੂ ਸ. ਸੁਖਵਿੰਦਰ ਸਿੰਘ ਗਿੱਲ ਵਲੋਂਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਜਗਜੀਵਨ ਸਿੰਘ ਖੀਰਨੀਆਂ ਵੀ ਸ਼ਾਮਲ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ। ਵਿਕਾਸ ਕਾਰਜਾਂ ਵਿੱਚ ਕਈ ਗੁਣਾ ਤੇਜ਼ੀ ਦਰਜ ਕੀਤੀ ਜਾਵੇਗੀ।
ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਠੋਸ ਉਪਰਾਲਿਆਂ ਰਾਹੀਂ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਵਿਚ ਮੋਹਰੀ ਸੂਬੇ ਵਜੋਂ ਉਭਰੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਮਾਜ ਭਲਾਈ ਅਤੇ ਹੋਰ ਖੇਤਰਾਂ ਵਿੱਚ ਲਏ ਗਏ ਫੈਸਲਿਆਂ ਨੇ ਪੰਜਾਬ ਦੀ ਆਰਥਿਕਤਾ ਦੀ ਮੁੜ ਸੁਰਜੀਤੀ ਨੂੰ ਯਕੀਨੀ ਬਣਾਇਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ ਦਿੱਤਾ ਹੈ ਅਤੇ ਸੁਖਵਿੰਦੰਰ ਸਿੰਘ ਗਿੱਲ ਵਰਗੇ ਇੱਕ ਮਿਹਨਤੀ ਵਰਕਰ, ਜਿਸ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਉਸ ਨੂੰ ਇਹ ਅਹੁਦਾ ਦੇ ਕੇ ਨਿਵਾਜ਼ਿਆ।
ਉਹਨਾਂ ਨੇ ਕਿਹਾ ਕਿ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮਾਛੀਵਾਡ਼ਾ ਸਾਹਿਬ ਦੇ ਵਿਕਾਸ ਲਈ ਜਿਸ ਵਿਚ ਯਾਦਗਾਰੀ ਵਿਸ਼ਾਲ ਗੇਟ ਸਮੇਤ ਹੋਰ ਜੋ ਵੀ ਮੰਗਾਂ ਹਨ ਉਹ ਧਿਆਨ ਵਿਚ ਲਿਆਂਦੀਆਂ ਹਨ ਉਨ੍ਹਾਂ ਨੂੰ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸੁਖਵਿੰਦਰ ਸਿੰਘ ਗਿੱਲ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਹੈ ਉਦੋਂ ਤੋਂ ਸਿਰਤੋਡ਼ ਮਿਹਨਤ ਕਰ ਰਹੇ ਹਨ ਅਤੇ ਅਜਿਹੇ ਜੁਝਾਰੂ ਵਰਕਰਾਂ ਸਦਕਾ ‘ਆਪ’ ਸਰਕਾਰ ਸੱਤਾ ਵਿਚ ਆਈ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਜਗਜੀਵਨ ਸਿੰਘ ਖੀਰਨੀਆਂ ਵਲੋਂ ਸਾਂਝੇ ਤੌਰ ‘ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਵਲੋਂ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।
ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ : ਚੇਅਰਮੈਨ ਗਿੱਲ
ਮਾਰਕੀਟ ਕਮੇਟੀ ਮਾਛੀਵਾਡ਼ਾ ਸਾਹਿਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਨਿਮਾਣੇ ਵਰਕਰ ਨੂੰ ਮਾਣ ਬਖਸ਼ਿਆ। ਉਨ੍ਹਾਂ ਕਿਹਾ ਕਿ ਮਾਛੀਵਾਡ਼ਾ ਮੰਡੀ ਵਿਚ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀ ਬੋਰਡ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗਾ।